Guru Nanak by Jayram Menon
Babur - British Museaum
Babur capturing a Fort
ਆਸਾ ਮਹਲਾ ੧ ॥ ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥ ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥ ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਨ ਆਇਆ ॥੧॥ ਕਰਤਾ ਤੂੰ ਸਭਨਾ ਕਾ ਸੋਈ ॥ ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥੧॥ ਰਹਾਉ ॥ ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ ॥ ਰਤਨ ਵਿਗਾੜਿ ਵਿਗੋਏ ਕੁਤੀ ਮੁਇਆ ਸਾਰ ਨ ਕਾਈ ॥ ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥੨॥ ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥ ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ ॥ ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥੩॥੫॥੩੯॥ {ਪੰਨਾ 360}
ਅਰਥ: ਖੁਰਾਸਾਨ ਦੀ ਸਪੁਰਦਗੀ (ਕਿਸੇ ਹੋਰ ਨੂੰ) ਕਰ ਕੇ (ਬਾਬਰ ਮੁਗ਼ਲ ਨੇ ਹਮਲਾ ਕਰ ਕੇ) ਹਿੰਦੁਸਤਾਨ ਨੂੰ ਆ ਸਹਮ ਪਾਇਆ। (ਜੇਹੜੇ ਲੋਕ ਆਪਣੇ ਫ਼ਰਜ਼ ਭੁਲਾ ਕੇ ਰੰਗ ਰਲੀਆਂ ਵਿਚ ਪੈ ਜਾਂਦੇ ਹਨ ਉਹਨਾਂ ਨੂੰ ਸਜ਼ਾ ਭੁਗਤਣੀ ਹੀ ਪੈਂਦੀ ਹੈ, ਇਸ ਬਾਰੇ) ਕਰਤਾਰ ਆਪਣੇ ਉਤੇ ਇਤਰਾਜ਼ ਨਹੀਂ ਆਉਣ ਦੇਂਦਾ। (ਸੋ, ਫ਼ਰਜ਼ ਭੁਲਾ ਕੇ ਵਿਕਾਰਾਂ ਵਿਚ ਮਸਤ ਪਏ ਪਠਾਣ ਹਾਕਮਾਂ ਨੂੰ ਦੰਡ ਦੇਣ ਲਈ ਕਰਤਾਰ ਨੇ) ਮੁਗ਼ਲ-ਬਾਬਰ ਨੂੰ ਜਮਰਾਜ ਬਣਾ ਕੇ (ਹਿੰਦੁਸਤਾਨ ਤੇ) ਚਾੜ੍ਹ ਦਿੱਤਾ। (ਪਰ, ਹੇ ਕਰਤਾਰ! ਬਦ-ਮਸਤ ਪਠਾਣ ਹਾਕਮਾਂ ਦੇ ਨਾਲ ਗਰੀਬ ਨਿਹੱਥੇ ਲੋਕ ਭੀ ਪੀਸੇ ਗਏ) ਇਤਨੀ ਮਾਰ ਪਈ ਕਿ ਉਹ (ਹਾਇ ਹਾਇ) ਪੁਕਾਰ ਉਠੇ। ਕੀ (ਇਹ ਸਭ ਕੁਝ ਵੇਖ ਕੇ) ਤੈਨੂੰ ਉਹਨਾਂ ਉਤੇ ਤਰਸ ਨਹੀਂ ਆਇਆ?।1।
ਹੇ ਕਰਤਾਰ! ਤੂੰ ਸਭਨਾਂ ਹੀ ਜੀਵਾਂ ਦੀ ਸਾਰ ਰੱਖਣ ਵਾਲਾ ਹੈਂ। ਜੇ ਕੋਈ ਜ਼ੋਰਾਵਰ ਜ਼ੋਰਾਵਰ ਨੂੰ ਮਾਰ ਕੁਟਾਈ ਕਰੇ ਤਾਂ (ਵੇਖਣ ਵਾਲਿਆਂ ਦੇ) ਮਨ ਵਿਚ ਗੁੱਸਾ-ਗਿਲਾ ਨਹੀਂ ਹੁੰਦਾ (ਕਿਉਂਕਿ ਦੋਵੇਂ ਧਿਰਾਂ ਇਕ ਦੂਜੇ ਨੂੰ ਕਰਾਰੇ ਹੱਥ ਵਿਖਾ ਲੈਂਦੇ ਹਨ) ।1। ਰਹਾਉ।
ਪਰ ਜੇ ਕੋਈ ਸ਼ੇਰ (ਵਰਗਾ) ਜ਼ੋਰਾਵਰ ਗਾਈਆਂ ਦੇ ਵੱਗ (ਵਰਗੇ ਕਮਜ਼ੋਰ ਨਿਹੱਥਿਆਂ) ਉਤੇ ਹੱਲਾ ਕਰ ਕੇ ਮਾਰਨ ਨੂੰ ਆ ਪਏ, ਤਾਂ ਇਸ ਦੀ ਪੁੱਛ (ਵੱਗ ਦੇ) ਖਸਮ ਨੂੰ ਹੀ ਹੁੰਦੀ ਹੈ (ਤਾਹੀਏਂ, ਹੇ ਕਰਤਾਰ! ਮੈਂ ਤੇਰੇ ਅੱਗੇ ਪੁਕਾਰ ਕਰਦਾ ਹਾਂ) । (ਕੁੱਤੇ ਓਪਰੇ ਕੁੱਤਿਆਂ ਨੂੰ ਵੇਖ ਕੇ ਜਰ ਨਹੀਂ ਸਕਦੇ, ਪਾੜ ਖਾਂਦੇ ਹਨ। ਇਸੇ ਤਰ੍ਹਾਂ ਮਨੁੱਖ ਨੂੰ ਪਾੜ ਖਾਣ ਵਾਲੇ ਇਹਨਾਂ ਮਨੁੱਖ-ਰੂਪ ਮੁਗ਼ਲ) ਕੁੱਤਿਆਂ ਨੇ (ਤੇਰੇ ਬਣਾਏ) ਸੋਹਣੇ ਬੰਦਿਆਂ ਨੂੰ ਮਾਰ ਮਾਰ ਕੇ ਮਿੱਟੀ ਵਿਚ ਰੋਲ ਦਿੱਤਾ ਹੈ, ਮਰੇ ਪਿਆਂ ਦੀ ਕੋਈ ਸਾਰ ਹੀ ਨਹੀਂ ਲੈਂਦਾ।
(ਹੇ ਕਰਤਾਰ! ਤੇਰੀ ਰਜ਼ਾ ਤੂੰ ਹੀ ਜਾਣੇਂ) ਤੂੰ ਆਪ ਹੀ (ਸੰਬੰਧ) ਜੋੜ ਕੇ ਆਪ ਹੀ ਇਹਨਾਂ ਨੂੰ ਮੌਤ ਦੇ ਘਾਟ ਉਤਾਰ ਕੇ ਆਪੋ ਵਿਚੋਂ) ਵਿਛੋੜ ਦਿੱਤਾ ਹੈ। ਵੇਖ! ਹੇ ਕਰਤਾਰ! ਇਹ ਤੇਰੀ ਤਾਕਤ ਦਾ ਕਰਿਸ਼ਮਾ ਹੈ।2।
(ਧਨ ਪਦਾਰਥ ਹਕੂਮਤ ਆਦਿਕ ਦੇ ਨਸ਼ੇ ਵਿਚ ਮਨੁੱਖ ਆਪਣੀ ਹਸਤੀ ਨੂੰ ਭੁੱਲ ਜਾਂਦਾ ਹੈ ਤੇ ਬੜੀ ਆਕੜ ਵਿਖਾ ਵਿਖਾ ਕੇ ਹੋਰਨਾਂ ਨੂੰ ਦੁੱਖ ਦੇਂਦਾ ਹੈ, ਪਰ ਇਹ ਨਹੀਂ ਸਮਝਦਾ ਕਿ) ਜੇ ਕੋਈ ਮਨੁੱਖ ਆਪਣੇ ਆਪ ਨੂੰ ਵੱਡਾ ਅਖਵਾ ਲਏ, ਤੇ ਮਨ-ਮੰਨੀਆਂ ਰੰਗ-ਰਲੀਆਂ ਮਾਣ ਲਏ, ਤਾਂ ਭੀ ਉਹ ਖਸਮ-ਪ੍ਰਭੂ ਦੀਆਂ ਨਜ਼ਰਾਂ ਵਿਚ ਇਕ ਕੀੜਾ ਹੀ ਦਿੱਸਦਾ ਹੈ ਜੋ (ਧਰਤੀ ਤੋਂ) ਦਾਣੇ ਚੁਗ ਚੁਗ ਕੇ ਨਿਰਬਾਹ ਕਰਦਾ ਹੈ (ਹਉਮੈ ਦੀ ਬਦ-ਮਸਤੀ ਵਿਚ ਉਹ ਮਨੁੱਖ ਜ਼ਿੰਦਗੀ ਅਜਾਈਂ ਹੀ ਗਵਾ ਜਾਂਦਾ ਹੈ) ।
ਹੇ ਨਾਨਕ! ਜੇਹੜਾ ਮਨੁੱਖ ਵਿਕਾਰਾਂ ਵਲੋਂ ਆਪਾ ਮਾਰ ਕੇ (ਆਤਮਕ ਜੀਵਨ) ਜੀਊਂਦਾ ਹੈ, ਤੇ ਪ੍ਰਭੂ ਦਾ ਨਾਮ ਸਿਮਰਦਾ ਹੈ ਉਹੀ ਇਥੋਂ ਕੁਝ ਖੱਟਦਾ ਹੈ।3।5। 39।
ਅਰਥ: ਹੇ ਅਕਾਲ ਪੁਰਖ! (ਬਿਪਤਾ ਵੇਲੇ ਸਾਡੇ ਜੀਵਾਂ ਦੀ ਤੈਨੂੰ ਹੀ) ਨਮਸਕਾਰ ਹੈ (ਹੋਰ ਕੇਹੜਾ ਆਸਰਾ ਹੋ ਸਕਦਾ ਹੈ?) ਹੇ ਆਦਿ ਪੁਰਖ! (ਤੇਰੇ ਭਾਣਿਆਂ ਦਾ ਸਾਨੂੰ) ਭੇਤ ਨਹੀਂ ਮਿਲਦਾ। ਤੂੰ ਇਹ ਭਾਣੇ ਆਪ ਹੀ ਕਰ ਕੇ ਆਪ ਹੀ ਵੇਖ ਰਿਹਾ ਹੈਂ।1। ਰਹਾਉ।
ਜਿਨ੍ਹਾਂ (ਸੁੰਦਰੀਆਂ) ਦੇ ਸਿਰ ਉਤੇ ਕੇਸਾਂ ਦੇ ਵਿਚਕਾਰਲੇ ਚੀਰ ਵਿਚ ਸੰਧੂਰ ਪਾ ਕੇ (ਕਾਲੇ ਕੇਸਾਂ ਦੀਆਂ) ਪੱਟੀਆਂ (ਹੁਣ ਤਕ) ਸੋਭਦੀਆਂ ਆ ਰਹੀਆਂ ਹਨ, (ਉਹਨਾਂ ਦੇ) ਮੂੰਹ ਵਿਚ ਮਿੱਟੀ ਪੈ ਰਹੀ ਹੈ। ਜੇਹੜੀਆਂ ਪਹਿਲਾਂ ਆਪਣੇ ਮਹਲਾਂ ਵਿਚ ਵੱਸਦੀਆਂ ਸਨ, ਹੁਣ ਉਹਨਾਂ ਨੂੰ ਉਹਨਾਂ ਮਹਲਾਂ ਦੇ ਕਿਤੇ ਨੇੜੇ ਭੀ ਢੁਕਣ ਨਹੀਂ ਦਿੱਤਾ ਜਾਂਦਾ।1।
ਜਦੋਂ ਉਹ ਸੁੰਦਰੀਆਂ ਵਿਆਹੀਆਂ ਆਈਆਂ ਸਨ, ਉਹਨਾਂ ਦੇ ਕੋਲ ਉਹਨਾਂ ਦੇ ਲਾੜੇ ਸੋਹਣੇ ਲੱਗ ਰਹੇ ਸਨ, ਉਹ ਪਾਲਕੀਆਂ ਵਿਚ ਚੜ੍ਹ ਕੇ ਆਈਆਂ ਸਨ, (ਉਹਨਾਂ ਦੀਆਂ ਬਾਹਾਂ ਉਤੇ) ਹਾਥੀ-ਦੰਦ ਦੇ ਚੂੜੇ ਸਜੇ ਹੋਏ ਸਨ। (ਸਹੁਰੇ-ਘਰ ਆਈਆਂ ਦੇ) ਉਤੋਂ ਦੀ (ਸਗਨਾਂ ਦਾ) ਪਾਣੀ ਵਾਰਿਆ ਜਾਂਦਾ ਸੀ, (ਸ਼ੀਸ਼ਿਆਂ-ਜੜੇ) ਪੱਖੇ ਉਹਨਾਂ ਦੇ ਕੋਲ (ਉਹਨਾਂ ਦੇ ਹੱਥਾਂ ਵਿਚ) ਲਿਸ਼ਕ ਰਹੇ ਸਨ।2।
(ਸਹੁਰੇ-ਘਰ ਆ ਕੇ) ਬੈਠੀਆਂ ਉਹ ਇਕ ਇਕ ਲੱਖ ਰੁਪਈਆ (ਸਗਨਾਂ ਦਾ) ਲੈਂਦੀਆਂ ਸਨ, ਖਲੋਤੀਆਂ ਭੀ ਲੈਂਦੀਆਂ ਸਨ। ਗਰੀ-ਛੁਹਾਰੇ ਖਾਂਦੀਆਂ ਸਨ, ਤੇ ਸੋਹਣੀਆਂ ਸੇਜਾਂ ਮਾਣਦੀਆਂ ਸਨ। (ਅੱਜ) ਉਹਨਾਂ ਦੇ ਗਲ ਵਿਚ (ਜ਼ਾਲਮਾਂ ਨੇ) ਰੱਸੀਆਂ ਪਾਈਆਂ ਹੋਈਆਂ ਹਨ, ਉਹਨਾਂ ਦੇ (ਗਲ ਪਏ) ਮੋਤੀਆਂ ਦੇ ਹਾਰ ਟੁੱਟ ਰਹੇ ਹਨ।3।
(ਉਹਨਾਂ ਦਾ) ਧਨ ਤੇ ਜੋਬਨ, ਜਿਨ੍ਹਾਂ ਨੇ ਉਹਨਾਂ ਸੁੰਦਰੀਆਂ ਨੂੰ ਨਸ਼ਾ ਚਾੜ੍ਹਿਆ ਹੋਇਆ ਸੀ, ਅੱਜ ਦੋਵੇਂ ਹੀ ਉਹਨਾਂ ਦੇ ਵੈਰੀ ਬਣੇ ਹੋਏ ਹਨ। (ਬਾਬਰ ਨੇ) ਜ਼ਾਲਮ ਸਿਪਾਹੀਆਂ ਨੂੰ ਹੁਕਮ ਦੇ ਰੱਖਿਆ ਹੈ, ਉਹ ਉਹਨਾਂ ਦੀ ਇੱਜ਼ਤ ਗਵਾ ਕੇ ਉਹਨਾਂ ਨੂੰ ਲੈ ਜਾ ਰਹੇ ਹਨ।
(ਜੀਵਾਂ ਦੇ ਕੁਝ ਵੱਸ ਨਹੀਂ) ਜੇ ਉਸ ਪਰਮਾਤਮਾ ਨੂੰ ਚੰਗਾ ਲੱਗੇ ਤਾਂ (ਆਪਣੇ ਪੈਦਾ ਕੀਤੇ ਜੀਵਾਂ ਨੂੰ) ਵਡਿਆਈ-ਆਦਰ ਦੇਂਦਾ ਹੈ, ਜੇ ਉਸ ਦੀ ਰਜ਼ਾ ਹੋਵੇ ਤਾਂ ਸਜ਼ਾ ਦੇਂਦਾ ਹੈ।4।
ਜੇ ਪਹਿਲਾਂ ਹੀ (ਆਪੋ ਆਪਣੇ ਫ਼ਰਜ਼ ਨੂੰ) ਚੇਤੇ ਕਰਦੇ ਰਹੀਏ (ਚੇਤੇ ਰੱਖੀਏ) ਤਾਂ (ਅਜੇਹੀ) ਸਜ਼ਾ ਕਿਉਂ ਮਿਲੇ? (ਇਥੋਂ ਦੇ) ਹਾਕਮਾਂ ਨੇ ਐਸ਼ ਵਿਚ, ਤਮਾਸ਼ਿਆਂ ਦੇ ਚਾਅ ਵਿਚ ਆਪਣਾ ਫ਼ਰਜ਼ ਭੁਲਾ ਦਿੱਤਾ ਸੀ। (ਹੁਣ ਜਦੋਂ) ਬਾਬਰ ਦੀ (ਦੁਹਾਈ) ਫਿਰੀ ਹੈ ਤਾਂ (ਹੋਰ ਪਰਜਾ ਤਾਂ ਕਿਤੇ ਰਹੀ, ਕੋਈ) ਪਠਾਣ-ਸ਼ਾਹਜ਼ਾਦਾ ਭੀ (ਕਿਤੋਂ ਮੰਗ-ਪਿੰਨ ਕੇ) ਰੋਟੀ ਨਹੀਂ ਖਾ ਸਕਦਾ।5।
(ਸੈਦਪੁਰ ਦੀਆਂ ਇਸਤ੍ਰੀਆਂ ਦਾ ਇਹ ਹਾਲ ਹੋ ਰਿਹਾ ਹੈ ਕਿ ਜ਼ਾਲਮਾਂ ਦੇ ਪੰਜੇ ਵਿਚ ਆ ਕੇ) ਮੁਸਲਮਾਨੀਆਂ ਦੇ ਨਿਮਾਜ਼ ਦੇ ਵਕਤ ਖੁੰਝ ਰਹੇ ਹਨ, ਹਿੰਦਵਾਣੀਆਂ ਦਾ ਪੂਜਾ ਦਾ ਸਮਾ ਜਾ ਰਿਹਾ ਹੈ, (ਜੇਹੜੀਆਂ ਅੱਗੇ ਨ੍ਹਾ ਕੇ, ਟਿੱਕੇ ਲਾ ਕੇ ਸੁੱਚੇ ਚੌਕੇ ਵਿਚ ਬੈਠਦੀਆਂ ਸਨ, ਹੁਣ) ਨਾਹ ਉਹ ਇਸ਼ਨਾਨ ਕਰ ਕੇ ਟਿੱਕੇ ਲਾ ਸਕਦੀਆਂ ਹਨ, ਨਾਹ ਹੀ ਉਹਨਾਂ ਦੇ ਸੁੱਚੇ ਚੌਕੇ ਰਹਿ ਗਏ ਹਨ। (ਜਿਨ੍ਹਾਂ ਨੇ ਅੱਗੇ ਧਨ ਜੋਬਨ ਦੇ ਨਸ਼ੇ ਵਿਚ) ਕਦੇ ਰਾਮ ਨੂੰ ਚੇਤੇ ਨਹੀਂ ਸੀ ਕੀਤਾ, ਹੁਣ (ਜ਼ਾਲਮ ਬਾਬਰ ਸਿਪਾਹੀਆਂ ਨੂੰ ਖੁਸ਼ ਕਰਨ ਵਾਸਤੇ) ਉਹਨਾਂ ਨੂੰ ਖ਼ੁਦਾ ਖ਼ੁਦਾ ਭੀ ਆਖਣਾ ਨਹੀਂ ਮਿਲਦਾ।6।
(ਬਾਬਰ ਦੀ ਕਤਲਾਮ ਤੇ ਕੈਦ ਵਿਚੋਂ) ਜੇਹੜੇ ਕੋਈ ਵਿਰਲੇ ਵਿਰਲੇ ਮਨੁੱਖ (ਬਚ ਕੇ) ਆਪੋ ਆਪਣੇ ਘਰ ਵਿਚ ਆਉਂਦੇ ਹਨ, ਉਹ ਇਕ ਦੂਜੇ ਨੂੰ ਮਿਲ ਮਿਲ ਕੇ ਇਕ ਦੂਜੇ ਦੀ ਸੁਖ-ਸਾਂਦ ਪੁਛਦੇ ਹਨ। (ਅਨੇਕਾਂ ਦੇ ਸਾਕ ਸਬੰਧੀ ਮਾਰੇ ਤੇ ਕੈਦ ਕੀਤੇ ਗਏ) ਉਹਨਾਂ ਦੀ ਕਿਸਮਤ ਵਿਚ ਇਹੀ ਬਿਪਤਾ ਲਿਖੀ ਪਈ ਸੀ; ਉਹ ਇਕ ਦੂਜੇ ਪਾਸ ਬੈਠ ਬੈਠ ਕੇ ਆਪੋ ਆਪਣੇ ਦੁਖ ਰੋਂਦੇ ਹਨ (ਰੋ ਰੋ ਕੇ ਆਪਣੇ ਦੁਖ ਦੱਸਦੇ ਹਨ) ।
(ਪਰ) ਹੇ ਨਾਨਕ! ਮਨੁੱਖ ਵਿਚਾਰੇ ਕੀ ਕਰਨ ਜੋਗੇ ਹਨ? ਉਹੀ ਕੁਝ ਵਾਪਰਦਾ ਹੈ ਜੋ ਉਸ (ਸਿਰਜਣਹਾਰ ਕਰਤਾਰ) ਨੂੰ ਭਾਉਂਦਾ ਹੈ।7।11।
ਅਰਥ: ਹੇ (ਭਾਈ) ਲਾਲੋ! ਮੈਨੂੰ ਜਿਹੋ ਜਿਹੀ ਖਸਮ-ਪ੍ਰਭੂ ਵਲੋਂ ਪ੍ਰੇਰਨਾ ਆਈ ਹੈ ਉਸੇ ਅਨੁਸਾਰ ਮੈਂ ਤੈਨੂੰ (ਉਸ ਦੂਰ-ਘਟਨਾ ਦੀ) ਵਾਕਫ਼ੀਅਤ ਦੇਂਦਾ ਹਾਂ (ਜੋ ਇਸ ਸ਼ਹਿਰ ਸ਼ੈਦਪੁਰ ਵਿਚ ਵਾਪਰੀ ਹੈ) । (ਬਾਬਰ) ਕਾਬਲ ਤੋਂ (ਫ਼ੌਜ ਜੋ, ਮਾਨੋ) ਪਾਪ-ਜ਼ੁਲਮ ਦੀ ਜੰਞ (ਹੈ) ਇਕੱਠੀ ਕਰ ਕੇ ਆ ਚੜ੍ਹਿਆ ਹੈ, ਅਤੇ ਜ਼ੋਰ-ਧੱਕੇ ਨਾਲ ਹਿੰਦ-ਦੀ-ਹਕੂਮਤ ਰੂਪ ਕੰਨਿਆ-ਦਾਨ ਮੰਗ ਰਿਹਾ ਹੈ। (ਸੈਦਪੁਰ ਵਿਚੋਂ) ਹਯਾ ਤੇ ਧਰਮ ਦੋਵੇਂ ਲੋਪ ਹੋ ਚੁਕੇ ਹਨ, ਝੂਠ ਹੀ ਝੂਠ ਚੌਧਰੀ ਬਣਿਆ ਫਿਰਦਾ ਹੈ। (ਬਾਬਰ ਦੇ ਸਿਪਾਹੀਆਂ ਵਲੋਂ ਸੈਦਪੁਰ ਦੀਆਂ ਇਸਤ੍ਰੀਆਂ ਉਤੇ ਇਤਨੇ ਅੱਤਿਆਚਾਰ ਹੋ ਰਹੇ ਹਨ ਕਿ, ਮਾਨੋ) ਸ਼ੈਤਾਨ (ਇਸ ਸ਼ਹਿਰ ਵਿਚ) ਵਿਆਹ ਪੜ੍ਹਾ ਰਿਹਾ ਹੈ ਤੇ ਕਾਜ਼ੀਆਂ ਅਤੇ ਬ੍ਰਾਹਮਣਾਂ ਦੀ (ਸਾਊਆਂ ਵਾਲੀ) ਮਰਯਾਦਾ ਮੁੱਕ ਚੁਕੀ ਹੈ। ਮੁਸਲਮਾਨ ਔਰਤਾਂ (ਭੀ ਇਸ ਜ਼ੁਲਮ ਦਾ ਸ਼ਿਕਾਰ ਹੋ ਰਹੀਆਂ ਹਨ ਜੋ) ਇਸ ਬਿਪਤਾ ਵਿਚ (ਆਪਣੀ ਧਰਮ-ਪੁਸਤਕ) ਕੁਰਾਨ (ਦੀਆਂ ਆਇਤਾਂ) ਪੜ੍ਹ ਰਹੀਆਂ ਹਨ ਤੇ ਖ਼ੁਦਾ ਅੱਗੇ ਪੁਕਾਰ ਕਰ ਰਹੀਆਂ ਹਨ। ਉੱਚੀਆਂ ਜਾਤਾਂ ਦੀਆਂ, ਨੀਵੀਆਂ ਜਾਤਾਂ ਦੀਆਂ ਅਤੇ ਹੋਰ ਭੀ ਸਭ ਹਿੰਦੂ ਇਸਤ੍ਰੀਆਂ-ਇਹਨਾਂ ਸਾਰੀਆਂ ਉਤੇ ਇਹੀ ਅੱਤਿਆਚਾਰ ਹੋ ਰਹੇ ਹਨ।
ਹੇ ਨਾਨਕ! ਇਸ ਖ਼ੂਨੀ ਵਿਆਹ ਵਿਚ ਸੈਦਪੁਰ ਨਗਰ ਦੇ ਅੰਦਰ ਹਰ ਪਾਸੇ) ਵਿਰਲਾਪ ਹੋ ਰਹੇ ਹਨ ਤੇ ਲਹੂ ਦਾ ਕੇਸਰ ਛਿੜਕਿਆ ਜਾ ਰਿਹਾ ਹੈ।੧।
No comments:
Post a Comment